ਨਵੀਂ ਦਿੱਲੀ : ਪੰਜਾਬ 'ਚ ਕਣਕ ਦੀ ਸਰਕਾਰੀ ਖ਼ਰੀਦ ਲਈ ਬੈਂਕਾਂ ਤੋਂ ਕਰਜਾ ਨਾ ਮਿਲਣ ਕਾਰਨ ਬਕਾਇਆ ਪਈਆਂ ਕਿਸਾਨਾਂ ਦੀਆਂ ਅਦਾਇਗੀਆਂ ਦਾ ਮਸਲਾ ਹੱਲ ਕਰਵਾਉਣ ਲਈ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦਾ ਅਸਰ ਚੰਦ ਘੰਟਿਆਂ ਮਗਰੋਂ ਹੀ ਹੋ ਗਿਆ ਜਦੋਂ ਕੇਂਦਰ ਸਰਕਾਰ ਨੇ ਭਾਰਤੀ ਸਟੇਟ ਬੈਂਕ ਨੂੰ ਕਰਜਾ ਮੁਹੱਈਆ ਕਰਵਾਉਣ ਦਾ ਹੁਕਮ ਦੇ ਦਿੱਤਾ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕਣਕ ਖ਼ਰੀਦ ਲਈ 20 ਹਜ਼ਾਰ ਕਰੋੜ ਰੁਪਏ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਦੀ ਮੰਗ ਕੀਤੀ ਸੀ। ਪਰ ਬੈਂਕਾਂ ਵੱਲੋਂ ਕਰਜਾ ਦੇਣ ਤੋਂ ਇਨਕਾਰ ਕਰਨ ਮਗਰੋਂ ਪੰਜਾਬ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ। ਸੂਬੇ 'ਚ ਕਣਕ ਖ਼ਰੀਦ ਪ੍ਰਭਾਵਿਤ ਹੋਣ ਦਾ ਖ਼ਤਰਾ ਵਧ ਗਿਆ ਸੀ। ਮੁੱਦੇ ਦੀ ਰਾਜਨੀਤਿਕ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਮਾਮਲਾ ਸੁਲਝਾ ਲਿਆ।
ਭਾਰਤੀ ਸਟੇਟ ਬੈਂਕ ਦੀ ਅਗਵਾਈ ਵਾਲੇ ਬੈਂਕਾਂ ਦੇ ਸਮੂਹ ਨੂੰ ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਨੂੰ ਕਣਕ ਖ਼ਰੀਦ ਲਈ ਰਾਸ਼ੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਜਦਕਿ ਬੈਂਕ ਚਾਲੂ ਸੀਜਨ 'ਚ ਵਿਵਾਦ ਸੁਲਝਾਉਣ ਲਈ ਵਿੱਤ ਤੇ ਖੁਰਾਕ ਮੰਤਰਾਲਾ, ਭਾਰਤੀ ਸਟੇਟ ਬੈਂਕ ਸਣੇ ਹੋਰਨਾਂ ਬੈਂਕਾਂ ਦੇ ਅਧਿਕਾਰੀ ਤੇ ਭਾਰਤੀ ਖੁਰਾਕ ਨਿਗਮ ਦੇ ਅਧਿਕਾਰੀਆਂ ਦੀ ਇਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਕੇਂਦਰੀ ਖੁਕਾਰ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸੋਮਵਾਰ ਨੂੰ ਹੋਣ ਵਾਲੀ ਆਪਣੀ ਪੰਜਾਬ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਪਾਸਵਾਨ ਨੇ ਕਿਹਾ ਕਿ ਕਿਸਾਨਾਂ ਦੇ ਹਿਤ 'ਚ ਸਰਕਾਰ ਕਣਕ ਖ਼ਰੀਦਣ ਲਈ ਵਚਨਬੱਧ ਹੈ। ਇਸ ਲਈ ਵਿੱਤ ਮੰਤਰਾਲੇ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਦੇ ਹਿੱਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਲੋੜੀਂਦੀ ਰਾਸ਼ੀ ਮੁਹੱਈਆ ਕਰਵਾਏ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਚਕਾਰ ਹੋਈ 20 ਮਿੰਟ ਦੀ ਮੀਟਿੰਗ ਦੌਰਾਨ ਬਾਦਲ ਨੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਖੇਤੀ ਵਸਤਾਂ ਦੀਆਂ ਲਾਗਤਾਂ ਵਿਚ ਭਾਰੀ ਵਾਧਾ ਹੋਣ ਅਤੇ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ ਕਾਰਨ ਪੰਜਾਬ ਦਾ ਕਿਸਾਨ ਗੰਭੀਰ ਸੰਕਟ 'ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਦੇ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿਚ ਦੇਸ਼ ਤੋਂ ਸਹਾਇਤਾ ਦੀ ਜ਼ਰੂਰਤ ਹੈ, ਇਸ ਕਰਕੇ ਕੇਂਦਰ ਸਰਕਾਰ ਨੂੰ ਅੱਗੇ ਆ ਕੇ ਕਿਸਾਨਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ।