ਮਨਦੀਪ ਸ਼ਰਮਾ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੀੜ੍ਹਤਾਂ ਦੇ ਦੁੱਖ ਨੂੰ ਆਪਣੇ ਸਿਆਸੀ ਮੁਫਾਦਾਂ ਲਈ ਵਰਤਣ ਦੀ ਬਜਾਏ ਪੰਜਾਬ ਨੂੰ ਦਰਪੇਸ਼ ਮੁੱਦਿਆਂ 'ਤੇ ਸਿਆਸਤ ਕਰਨ। ਉਨ੍ਹਾਂ ਕਿਹਾ ਸ਼ੁੱਕਰਵਾਰ ਆਮ ਆਦਮੀ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ ਵੱਲੋਂ ਤੇਜ਼ਾਬੀ ਹਮਲੇ ਦੀ ਪੀੜ੍ਹਤਾ ਅਲੀਸ਼ਬਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਨਾਂ 'ਤੇ ਸਿਆਸਤ ਦੀ ਖੇਡ ਖੇਡੀ ਗਈ।
ਚੰਨੀ ਨੇ ਇਸ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੀੜ੍ਹਤ ਪਰਿਵਾਰ ਨਾਲ ਖੜ੍ਹਾ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਵੱਲੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਇਸ ਹਮਲੇ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਥਾਣਾ-1 ਵਿਖੇ ਇਸ ਸਬੰਧੀ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਸਾਰੇ ਮਾਮਲੇ ਦੀ ਉੱਚ ਪੁਲਸ ਅਧਿਕਾਰੀਆਂ ਵੱਲੋਂ ਨਿੱਜੀ ਤੌਰ 'ਤੇ ਦੇਖ-ਰੇਖ ਕੀਤੀ ਜਾ ਰਹੀ ਹੈ। ਪ੍ਰਧਾਨ ਚੰਨੀ ਨੇ ਕਿਹਾ ਕਿ ਆਪ ਆਗੂ ਪੰਜਾਬ ਦੇ ਮੁੱਦਿਆਂ ਜਿਵੇਂ ਕਿ ਸਤਲੁਜ ਯਮੁਨਾ ਲਿੰਕ ਨਹਿਰ, ਦਿੱਲੀ ਵਿਖੇ ਪੰਜਾਬੀ ਭਾਸ਼ਾ ਪੜ੍ਹਾਉਣ ਦੇ ਮੁੱਦਿਆਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਨਾ ਕਿ ਪੀੜ੍ਹਤਾ ਦੇ ਦੁੱਖ 'ਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਆਧਾਰ ਬਣਾਉਣ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਤੇਜ਼ਾਬੀ ਹਮਲੇ ਦੀਆਂ ਪੀੜ੍ਹਤ ਅੌਰਤਾਂ ਦੀ ਮਦਦ ਲਈ ਬਣਾਈ ਗਈ ਨੀਤੀ ਤਹਿਤ ਪੀੜ੍ਹਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।